ਸੰਗਰੂਰ, 29 ਦਸੰਬਰ (ਰਿਸ਼ਵ ਗਰਗ )

– ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫਤਰ ਦਾ ਘਿਰਾਓ ਕਰ ਰਹੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਸੰਗਰੂਰ ਦੀ ਕੋਠੀ ਦਾ ਘਿਰਾਓ ਕਰਕੇ ਲੁਧਿਆਣਾ ਦਿੱਲੀ ਹਾਈ ਜਾਮ ਕਰ ਦਿੱਤਾ ਹੈ।

ਧਰਨਾਕਾਰੀ ਕਿਸਾਨਾ ਨੇ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦਾ ਵਿਰੋਧ ਕਰਨ ਦਾ ਐਲਾਨ ਕਰ ਦਿੱਤਾ। ਯਾਦ ਰਹੇ ਕਿ ਸੈਂਕੜੇ ਕਿਸਾਨ ਪਿਛਲੇ 10 ਦਿਨਾਂ ਤੋਂ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫਤਰ ਦੇ ਤਿੰਨੋਂ ਗੇਟਾਂ ਤੇ ਧਰਨਾ ਦੇ ਰਹੇ ਸਨ।

ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਨੇ ਅੱਜ ਦੁਪਿਹਰੇ ਡਿਪਟੀ ਕਮਿਸ਼ਨਰ ਦੀ ਸਰਕਾਰੀ ਰਿਹਾਇਸ਼ ਦਾ ਵੀ ਘਿਰਾਓ ਕਰ ਲਿਆ ਅਤੇ ਕੋਠੀ ਅੱਗੇ ਪੱਕਾ ਰੋਸ ਧਰਨਾ ਦੇ ਕੇ ਬੈਠ ਗਏ ਹਨ, ਜਿਸ ਕਾਰਨ ਦਿੱਲੀ-ਲੁਧਿਆਣਾ ਹਾਈਵੇਅ ਉਪਰ ਇੱਕ ਪਾਸੇ ਸੜਕ ਦੀ ਆਵਾਜਾਈ ਵੀ ਠੱਪ ਹੋ ਗਈ। ਉਧਰ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿਘ ਛਾਜਲਾ ਦੀ ਅਗਵਾਈ ਹੇਠ ਪੱਕੇ ਰੋਸ ਧਰਨੇ ਦੇ 10ਵੇਂ ਦਿਨ ਵੀ ਹਜ਼ਾਰਾਂ ਕਿਸਾਨਾਂ ਨੇ ਸ਼ਮੂਲੀਅਤ ਕਰਕੇ ਕੇਂਦਰ ਅਤੇ ਰਾਜ ਸਰਕਾਰ ਨੂੰ ਜੰਮ ਕੇ ਭੰਡਿਆ।

ਭਾਕਿਯੂ ਏਕਤਾ ਉਗਰਾਹਾਂ ਦੇ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ ਅਤੇ ਜਨਕ ਸਿੰਘ ਭੂਟਾਲ ਨੇ ਦੱਸਿਆ ਕਿ ਡੀ.ਸੀ. ਦੇ ਤਿੰਨੋਂ ਗੇਟਾਂ ਦਾ ਘਿਰਾਓ ਸ਼ਾਮ ਪੰਜ ਵਜ਼ੇ ਖਤਮ ਕਰ ਦਿੱਤਾ ਗਿਆ ਜਦੋਂ ਕਿ ਡੀ.ਸੀ. ਦੀ ਕੋਠੀ ਦਾ ਘਿਰਾਓ ਜਾਰੀ ਰਹੇਗਾ। ਉਨ੍ਹਾਂ ਦੋਸ਼ ਲਾਇਆ ਕਿ ਵਾਅਦਾ ਖ਼ਿਲਾਫ਼ੀਆਂ ਅਤੇ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਸਰਕਾਰ ਭੱਜ ਰਹੀ ਹੈ ਜਿਸ ਕਾਰਨ ਕਿਸਾਨਾਂ ਨੂੰ ਸੰਘਰਸ਼ ਨੂੰ ਹੋਰ ਤਿੱਖਾ ਰੂਪ ਦੇਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿਸਾਨ ਘੋਲ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਹੋਏ ਕੇਸ ਰੱਦ ਨਹੀਂ ਕੀਤੇ ਜਾ ਰਹੇ। ਉਨ੍ਹਾਂ ਐਲਾਨ ਕੀਤਾ ਕਿ ਪਿੰਡਾਂ ਵਿਚ ਮੋਦੀ ਸਰਕਾਰ ਵਿਰੁੱਧ ਰੋਸ ਮੁਜ਼ਾਹਰੇ ਕੀਤੇ ਜਾਣਗੇ ਅਤੇ 5 ਜਨਵਰੀ ਨੂੰ ਸੰਗਰੂਰ ’ਚ ਵੱਡਾ ਇਕੱਠ ਕਰਕੇ ਰੋਸ ਪ੍ਰਦਰਸ਼ਨ ਕਰ ਕੇ ਪੰਜਾਬ ਫੇਰੀ ’ਤੇ ਆ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ।

Leave a Reply

Your email address will not be published. Required fields are marked *