
ਮੁਹਾਲੀ(ਮਨੀਸ਼ ਸ਼ੰਕਰ)ਭਾਰਤ ਨਿਊਜ਼ਲਾਈਨ:-ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਫੇਜ਼-5 ਦੀ ਕੌਂਸਲਰ ਸ਼੍ਰੀਮਤੀ ਬਲਜੀਤ ਕੌਰ ਦੀ ਹਾਜ਼ਰੀ ਵਿਚ ਫੇਜ਼ ਪੰਜ ਵਿੱਚ ਮੰਦਰ ਅਤੇ ਕਮਿਊਨਿਟੀ ਸੈਂਟਰ ਦੇ ਸਾਹਮਣੇ ਵਾਲੀ ਸੜਕ ਅੱਜ ਤੋਂ ਖੋਲ੍ਹ ਦਿੱਤੀ ਗਈ ਹੈ। ਇਸ ਨਾਲ ਇਸ ਇਲਾਕੇ ਦੇ ਲੋਕਾਂ ਨੂੰ ਭਾਰੀ ਰਾਹਤ ਮਿਲੀ ਹੈ ਕਿਉਂਕਿ ਇਹ ਸੜਕ ਪਿਛਲੇ ਕਾਫੀ ਸਮੇਂ ਤੋਂ ਬੰਦ ਪਈ ਸੀ ਅਤੇ ਲੋਕਾਂ ਨੂੰ ਮੁੱਖ ਸੜਕ ਉੱਤੇ ਆਉਣ ਵਾਸਤੇ ਪੂਰਾ ਘੁੰਮ ਕੇ ਆਉਣਾ ਪੈਂਦਾ ਸੀ।ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਪੀਸੀਐਲ ਤੋਂ ਗੁਰਦੁਆਰਾ ਸਾਹਿਬ ਤੱਕ ਮੁੱਖ ਸਡ਼ਕ ਬਣਾਈ ਜਾ ਚੁੱਕੀ ਹੈ ਅਤੇ ਫੇਜ਼ ਗਿਆਰਾਂ ਤੋਂ ਗੁਰਦੁਆਰਾ ਸਾਹਿਬ ਤੱਕ ਆਉਂਦੀ ਸੜਕ ਵੀ ਆਉਂਦੇ ਕੁਝ ਦਿਨਾਂ ਵਿੱਚ ਪੂਰੀ ਕਰਕੇ ਖੋਲ੍ਹ ਦਿੱਤੀ ਜਾਵੇਗੀ।ਇਲਾਕੇ ਦੀ ਕੌਂਸਲਰ ਬਲਜੀਤ ਕੌਰ ਨੇ ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਨਗਰ ਨਿਗਮ ਦੀ ਨਵੀਂ ਚੁਣੀ ਗਈ ਟੀਮ ਮੋਹਾਲੀ ਦੇ ਵਿਕਾਸ ਲਈ ਹਰ ਉਪਰਾਲਾ ਕਰ ਰਹੀ ਹੈ। ਉਨ੍ਹਾਂ ਆਪਣੇ ਵਾਰਡ ਦੇ ਵਸਨੀਕਾਂ ਨੂੰ ਬੇਨਤੀ ਕੀਤੀ ਕਿ ਉਹ ਮੁਹਾਲੀ ਨਗਰ ਨਿਗਮ ਨੂੰ ਹਰ ਪੱਖੋਂ ਸਹਿਯੋਗ ਦੇਣ।