ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਪੰਜਾਬ ਸਰਕਾਰ ਵਲੋਂ ਤਿਆਰ ਕੀਤੀ ਗਈ ਨਵੀਂ ਐਕਸਾਇਜ਼ ਪਾਲਿਸੀ ਦੇ ਤਹਿਤ ਸ਼ਰਾਬ ਦੇ ਰੇਟ ਘਟਾ ਦਿੱਤੇ ਗਏ ਹਨ ਜਿਸ ਤੇ ਪ੍ਰਤਿਕ੍ਰਿਆ ਪਰਗਟ ਦਿੰਦੇ ਹੋਏ ਡਿਪਟੀ ਮੇਅਰ ਮੋਹਾਲੀ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਸਿਰਫ਼ ਗੱਲਾਂ ਦਾ ਕੜਾਹ ਬਣਾਉਣ ਤੇ ਲੱਗੀ ਹੋਈ ਹੈ ਅਤੇ ਇਸ ਨੂੰ ਪੰਜਾਬ ਦੇ ਲੋਕਾਂ ਦੇ ਮਸਲਿਆਂ ਨਾਲ ਕੋਈ ਲੈਣਾ ਦੇਣਾ ਨਹੀਂ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਮੁਫ਼ਤ ਬਿਜਲੀ, ਸਸਤਾ ਰੇਤਾ,18 ਸਾਲ ਤੋਂ ਉਪਰ ਦੀਆਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਖਾਤੇ ਵਿੱਚ ਪਾਉਣ ਤੋਂ ਲੈ ਕੇ ਹੋਰ ਕਈ ਵਾਅਦੇ ਕੀਤੇ ਸਨ  ਅਤੇ ਇਨ੍ਹਾਂ ਵਾਅਦਿਆਂ ਤੋਂ ਪ੍ਰਭਾਵਤ ਹੋ ਕੇ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਲੋੜ ਤੋਂ ਵੱਧ ਵੋਟਾਂ ਪਈਆਂ ਅਤੇ 92 ਸੀਟਾਂ ਜਿਤਾਈਆਂ  ਪਰ ਸਰਕਾਰ ਬਣਦਿਆਂ ਹੀ ਆਮ ਆਦਮੀ ਪਾਰਟੀ ਦੇ ਇਹ ਵਾਅਦੇ ਸਿਰਫ ਜੁਮਲਾ ਬਣ ਕੇ ਰਹਿ ਗਏ ਹਨ। ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਇਸ ਅੱਤ ਗਰਮੀ ਦੇ ਦੌਰ ਵਿੱਚ ਲੋਕਾਂ ਨੂੰ ਚੌਵੀ ਘੰਟੇ ਬਿਜਲੀ ਸਪਲਾਈ ਮੁਹੱਈਆ ਕਰਵਾਉਣਾ  ਸਰਕਾਰ ਦਾ ਫਰਜ਼ ਹੈ ਜਿਸ ਵਿੱਚ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ ਦੇਣ ਦੇ ਮਾਮਲੇ  ਸਬੰਧੀ ਕੀਤੇ ਵਾਅਦੇ ਤੋਂ ਵੀ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਮੁਨਕਰ ਹੋ ਚੁੱਕੀ ਹੈ  ਅਤੇ ਇਸ ਵਿਚ ਕਈ ਤਰ੍ਹਾਂ ਦੀਆਂ ਸ਼ਰਤਾਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਰ ਬਣਾਉਣ ਲਈ ਸਸਤੀ ਰੇਤ ਮੁਹੱਈਆ ਕਰਵਾਉਣ ਦੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਸਬੰਧੀ ਕੋਈ ਕਦਮ ਨਹੀਂ ਚੁੱਕਿਆ ਪਰ ਸ਼ਰਾਬ ਸਸਤੀ ਕਰਕੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਵੱਲ ਧੱਕਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਕਦਮ ਚੁੱਕੇ  ਅਤੇ ਲੋਕਾਂ ਨਾਲ ਕੀਤੇ ਵਾਅਦੇ ਫੌਰੀ ਤੌਰ ਤੇ ਪੂਰੇ ਕਰੇ  ਨਹੀਂ ਤਾਂ ਪੰਜਾਬ ਦੇ ਲੋਕਾਂ ਨੇ ਜਿਸ ਤਰ੍ਹਾਂ ਇੱਕਪਾਸੜ ਹੋ ਕੇ ਆਮ ਆਦਮੀ ਪਾਰਟੀ ਦੇ ਹੱਕ ਚ ਵੋਟਾਂ ਪਾਈਆਂ ਹਨ ਉਹੀ ਪੰਜਾਬ ਦੇ ਲੋਕ ਇਸ ਸਰਕਾਰ ਪੰਜਾਬ ਤੋਂ ਬਾਹਰ ਦਾ ਰਸਤਾ ਦਿਖਾਉਣ ਵਿੱਚ ਵੀ ਸਮਾਂ ਨਹੀਂ  ਲਗਾਉਣਗੇ।

Leave a Reply

Your email address will not be published. Required fields are marked *