
ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਸਾਬਕਾ ਸਿਹਤ ਮੰਤਰੀ ਪੰਜਾਬ ਅਤੇ ਮੋਹਾਲੀ ਦੇ ਸਾਬਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਨੂੰ ਕਾਂਗਰਸ ਪਾਰਟੀ ਵਿੱਚੋਂ ਕੱਢੇ ਜਾਣ ਨੂੰ ਪਾਰਟੀ ਲਈ ਭਾਰੀ ਨੁਕਸਾਨ ਦੇ ਫੈਸਲਾ ਦੱਸਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਵਫ਼ਾਦਾਰਾਂ ਲਈ ਕੋਈ ਥਾਂ ਨਹੀਂ ਰਹੀ ਅਤੇ ਇਹ ਸਿਰਫ਼ ਚਾਪਲੂਸਾਂ ਅਤੇ ਤਾਨਾਸ਼ਾਹਾਂ ਦੀ ਪਾਰਟੀ ਬਣ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਕਾਂਗਰਸ ਪਾਰਟੀ ਨੂੰ ਦਿੱਤੀ ਪਰ ਕਾਂਗਰਸ ਪਾਰਟੀ ਨੇ ਉਨ੍ਹਾਂ ਦੀ ਵਫ਼ਾਦਾਰੀ ਨੂੰ ਪਾਸੇ ਰੱਖ ਕੇ ਉਨ੍ਹਾਂ ਦਾ ਭਾਰੀ ਨੁਕਸਾਨ ਕੀਤਾ ਅਤੇ ਕਾਂਗਰਸ ਪਾਰਟੀ ਦੇ ਆਗੂਆਂ ਦੇ ਤਾਨਾਸ਼ਾਹੀ ਰਵੱਈਏ ਤੋਂ ਤੰਗ ਆ ਕੇ ਉਨ੍ਹਾਂ ਨੇ ਕਾਂਗਰਸ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਦਾ ਦਾਮਨ ਫੜਿਆ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਉਨ੍ਹਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਹੈ ਜਦੋਂ ਕਿ ਕਾਂਗਰਸ ਪਾਰਟੀ ਵਿੱਚ ਵਫ਼ਾਦਾਰਾਂ ਦੀ ਹੁਣ ਕੋਈ ਕਦਰ ਨਹੀਂ ਰਹੀ ਹੈ।ਸਾਬਕਾ ਸਿਹਤ ਮੰਤਰੀ ਤੇ ਸਾਬਕਾ ਵਿਧਾਇਕ ਮੁਹਾਲੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੂੰ ਪਾਰਟੀ ਵਿੱਚੋਂ ਕੱਢਣ ਤੋਂ ਪਹਿਲਾਂ ਕੋਈ ਕਾਰਨ ਦੱਸੋ ਨੋਟਿਸ ਤੱਕ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵਿਚ ਕਈ ਫ਼ੈਸਲੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕਰਨੇ ਪੈਂਦੇ ਹਨ ਅਤੇ ਜੇਕਰ ਅਜਿਹਾ ਕਰਨ ਤੇ ਪਾਰਟੀਆਂ ਇਸ ਤਰ੍ਹਾਂ ਦੇ ਸਖ਼ਤ ਫ਼ੈਸਲੇ ਆਪਣੇ ਹੀ ਵਫ਼ਾਦਾਰਾਂ ਖ਼ਿਲਾਫ਼ ਕਰਨ ਲੱਗ ਜਾਣ ਤਾਂ ਅਜਿਹੀ ਪਾਰਟੀ ਦਾ ਕੀ ਭਵਿੱਖ ਰਹਿ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੇ ਆਗੂਆਂ ਵੱਲੋਂ ਲਏ ਜਾ ਰਹੇ ਤਾਨਾਸ਼ਾਹੀ ਫ਼ੈਸਲਿਆਂ ਕਾਰਨ ਪਾਰਟੀ ਖੁਰਦ ਬੁਰਦ ਹੋ ਰਹੀ ਹੈ ਅਤੇ ਜੇਕਰ ਇਹੀ ਹਾਲ ਰਿਹਾ ਤਾਂ ਪੰਜਾਬ ‘ਚੋਂ ਕਾਂਗਰਸ ਪਾਰਟੀ ਦਾ ਨਾਮੋ ਨਿਸ਼ਾਨ ਮਿਟ ਜਾਵੇਗਾ।ਉਨ੍ਹਾਂ ਕਿਹਾ ਕਿ ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਕੰਮ ਕਰਨ ਵਾਲੇ ਵਰਕਰਾਂ ਦੀ ਪੂਰੀ ਕਦਰ ਅਤੇ ਇੱਜ਼ਤ ਮਾਣ ਕਰਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਾਵੇਂ ਹਾਲੇ ਭਾਰਤੀ ਜਨਤਾ ਪਾਰਟੀ ਜਾਇਨ ਕੀਤਿਆਂ ਥੋੜ੍ਹਾ ਹੀ ਸਮਾਂ ਹੋਇਆ ਹੈ ਪਰ ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ ਦਾ ਡਿਸਿਪਲਨ ਵਿੱਚ ਰਹਿ ਕੇ ਕੰਮ ਕਰਨਾ ਅਤੇ ਆਗੂਆਂ ਦਾ ਪੂਰੀ ਪਾਰਦਰਸ਼ਤਾ ਨਾਲ ਕੰਮ ਕਰਨ ਦਾ ਢੰਗ ਬਹੁਤ ਵਧੀਆ ਲੱਗਾ ਹੈ। ਉਨ੍ਹਾਂ ਕਿਹਾ ਕਿ ਜਿਸ ਪਾਰਟੀ ਵਿਚ ਵਰਕਰ ਦੀ ਮਾਣ ਇੱਜ਼ਤ ਹੀ ਨਾ ਰਹੇ ਉਸ ਪਾਰਟੀ ਨੂੰ ਅਲਵਿਦਾ ਕਹਿਣਾ ਹੀ ਠੀਕ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਨੇ ਤਾਂ ਕਦੇ ਵੀ ਕਾਂਗਰਸ ਪਾਰਟੀ ਦੀ ਖਿਲਾਫਤ ਵਿੱਚ ਕੋਈ ਗੱਲ ਨਹੀਂ ਸੀ ਕੀਤੀ ਅਤੇ ਨਾ ਹੀ ਪਾਰਟੀ ਵਿਰੋਧੀ ਕਾਰਵਾਈਆਂ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਵੱਲੋਂ ਇਨ੍ਹਾਂ ਦੋਹਾਂ ਦੇ ਖ਼ਿਲਾਫ਼ ਅਜਿਹੀ ਇਕਪਾਸੜ ਕਾਰਵਾਈ ਇਸ ਗੱਲ ਨੂੰ ਸਾਬਤ ਕਰਦੀ ਹੈ ਤੇ ਪੰਜਾਬ ਕਾਂਗਰਸ ਵਿਚ ਹੁਣ ਕੁਝ ਵੀ ਠੀਕ ਨਹੀਂ ਰਹਿ ਗਿਆ।