ਮੋਹਾਲੀ (ਬਿਊਰੋ) ਭਾਰਤ ਨਿਊਜ਼ਲਾਈਨ:-ਮੋਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁਹਾਲੀ ਏਅਰਪੋਰਟ ਦਾ ਨਾਂ ਬਦਲ ਕੇ ਸ਼ਹੀਦੇ ਆਜ਼ਮ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਣ ਦਾ ਸਵਾਗਤ ਕੀਤਾ ਹੈ। ਇਸ ਦੇ ਨਾਲ ਨਾਲ ਉਨ੍ਹਾਂ ਨੇ ਇਹ ਵੀ ਮੰਗ ਕੀਤੀ ਹੈ ਕਿ ਇੱਥੇ ਅੰਤਰਰਾਸ਼ਟਰੀ ਪੱਧਰ ਦੀਆਂ ਫਲਾਈਟਾਂ ਵੀ ਫੌਰੀ ਤੌਰ ਤੇ ਆਰੰਭ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਮੋਹਾਲੀ ਅੰਤਰਰਾਸ਼ਟਰੀ ਏਅਰਪੋਰਟ ਸਿਰਫ ਨਾਂ ਦਾ ਹੀ ਅੰਤਰਰਾਸ਼ਟਰੀ ਹੈ ਕਿਉਂਕਿ ਕਈ ਵਰ੍ਹੇ ਬੀਤ ਜਾਣ ਦੇ ਬਾਵਜੂਦ ਇੱਥੋਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਨਹੀਂ ਹੋ ਸਕੀਆਂ।ਉਨ੍ਹਾਂ ਕਿਹਾ ਕਿ ਸ਼ਹੀਦੇ ਆਜ਼ਮ ਭਗਤ ਸਿੰਘ ਅੰਤਰਰਾਸ਼ਟਰੀ ਏਅਰਪੋਰਟ ਤੋਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋ ਜਾਣ ਦੇ ਨਾਲ ਦਿੱਲੀ ਹਵਾਈ ਅੱਡੇ ਉਤੇ ਪੈਂਦੇ ਟ੍ਰੈਫਿਕ ਦੇ ਬੋਝ ਨੂੰ ਹਲਕਾ ਕਰਨ ਵਿਚ ਵੀ ਮਦਦ ਮਿਲੇਗੀ ਅਤੇ ਇਸ ਨਾਲ ਹਰਿਆਣਾ ਅਤੇ ਹਿਮਾਚਲ ਸਮੇਤ ਸਮੁੱਚੇ ਪੰਜਾਬ ਦੇ ਲੋਕਾਂ ਨੂੰ ਇਕ ਵਧੀਆ ਅੰਤਰਰਾਸ਼ਟਰੀ ਹਵਾਈ ਅੱਡਾ ਉਪਲੱਬਧ ਹੋਵੇਗਾ।ਡਿਪਟੀ ਮੇਅਰ ਬੇਦੀ ਨੇ ਇੱਕ ਹੋਰ ਅਹਿਮ ਮੰਗ ਕਰਦਿਆਂ ਕਿਹਾ ਕਿ ਸ਼ਹੀਦ ਏ ਆਜ਼ਮ ਭਗਤ ਸਿੰਘ ਅੰਤਰਰਾਸ਼ਟਰੀ ਏਅਰਪੋਰਟ ਉੱਤੇ ਸ਼ਹੀਦ ਭਗਤ ਸਿੰਘ ਦਾ ਇਕ ਪੱਗੜੀ ਵਾਲਾ ਬੁੱਤ ਵੀ ਸਥਾਪਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹੀਦੇ ਆਜ਼ਮ ਭਗਤ ਸਿੰਘ ਦਾ ਬੁੱਤ ਲਗਾਉਣ ਨਾਲ ਇੱਥੇ ਅੰਤਰਰਾਸ਼ਟਰੀ ਪੱਧਰ ਤੇ ਆਉਣ ਵਾਲੇ ਲੋਕਾਂ ਨੂੰ ਸ਼ਹੀਦ ਨੂੰ ਨਮਨ ਕਰਨ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਦੇ ਨਾਲ ਨਾਲ ਉਨ੍ਹਾਂ ਦੀ ਅਤੁੱਲ ਸ਼ਹਾਦਤ ਬਾਰੇ ਜਾਣਕਾਰੀ ਹਾਸਲ ਕਰਨ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋਕਾਂ ਦੀ ਚਿਰੋਕਣੀ ਮੰਗ ਹੈ ਕਿ ਇਸ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਫੌਰੀ ਤੌਰ ਤੇ ਆਰੰਭ ਕਰਵਾਈਆਂ ਜਾਣ ਤਾਂ ਜੋ ਸਹੀ ਮਾਅਨੇ ਵਿੱਚ ਪੰਜਾਬ ਹਰਿਆਣਾ ਹਿਮਾਚਲ ਤੇ ਜੰਮੂ ਕਸ਼ਮੀਰ ਤੱਕ ਦੇ ਲੋਕਾਂ ਨੂੰ ਇਸ ਦਾ ਲਾਭ ਹਾਸਲ ਹੋ ਸਕੇ।