ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਸੀਨੀਅਰ ਪੱਤਰਕਾਰ ਐਨ ਐਸ ਪਰਵਾਨਾ  ਦੇ ਮੋਹਾਲੀ ਦੇ ਸਮਸ਼ਾਨ ਘਾਟ ਵਿਖੇ ਹੋਏ ਸਸਕਾਰ ਮੌਕੇ ਉਨ੍ਹਾਂ ਦੇ ਪੁੱਤਰ ਐਸਪੀ ਸਿੰਘ ਜੋ ਕਿ ਰਿਟਾਇਰਡ ਅਧਿਕਾਰੀ ਹਨ, ਨੂੰ ਸ਼ਮਸ਼ਾਨਘਾਟ ਤੋਂ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਦੀ ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।
ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਐਨ ਐਸ ਪਰਵਾਨਾ ਨੇ ਆਪਣੀ ਸਾਰੀ ਜ਼ਿੰਦਗੀ ਪੱਤਰਕਾਰੀ ਦੇ ਲੇਖੇ ਲਾਈ ਅਤੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ। ਉਨ੍ਹਾਂ ਕਿਹਾ ਕਿ ਐਸਪੀ ਸਿੰਘ ਨੂੰ ਪਿਛਲੇ ਦਿਨੀਂ ਇਕ ਮਾਮਲੇ ਵਿਚ ਵਿਜੀਲੈਂਸ ਵੱਲੋਂ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਤਹਿਤ ਵਿਜੀਲੈਂਸ ਨੇ ਅੱਜ ਸ਼ਮਸ਼ਾਨਘਟ ਵਿਖੇ ਪੁੱਜ ਕੇ ਸਸਕਾਰ ਤੋਂ ਬਾਅਦ ਐਸਪੀ ਸਿੰਘ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਗੱਡੀ ਵਿੱਚ ਪਾ ਕੇ ਤੁਰੰਤ ਉਥੋਂ ਲੈ ਗਏ। ਉਨ੍ਹਾਂ ਕਿਹਾ ਕਿ ਇਸ ਮੌਕੇ ਕਈ ਪੱਤਰਕਾਰਾਂ ਅਤੇ ਹੋਰ ਮੋਹਤਬਰਾਂ ਨੇ ਇਥੋਂ ਤੱਕ ਕਿਹਾ ਕਿ ਉਹ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਖੁਦ ਐਸਪੀ ਸਿੰਘ ਨੂੰ ਵਿਜੀਲੈਂਸ ਹਵਾਲੇ ਕਰ ਦੇਣਗੇ ਪਰ ਵਿਜੀਲੈਂਸ ਅਧਿਕਾਰੀਆਂ ਨੇ ਉਹਨਾਂ ਦੀ ਇੱਕ ਨਾ ਸੁਣੀ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਗੱਲ ਹੈ ਕਿ ਹੈ ਇੱਕ ਪੁੱਤਰ ਨੂੰ ਆਪਣੇ ਪਿਤਾ ਦੇ ਅੰਤਮ ਸੰਸਕਾਰ ਦੀਆਂ ਰਸਮਾਂ ਪੂਰੀਆਂ ਨਹੀਂ ਕਰਨ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਇਸ ਵਾਸਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਘੱਟ ਹੈ।

Leave a Reply

Your email address will not be published. Required fields are marked *