
ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਪੰਜਾਬ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ 90 ਪੈਸੇ ਪ੍ਰਤੀ ਲੀਟਰ ਦਾ ਹੋਰ ਸ਼ੈਸ਼ ਲਗਾ ਕੇ ਕੀਮਤਾਂ ਵਧਾਉਣ ਦੀ ਨਿੰਦਾ ਕਰਦੇ ਹੋਏ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਸ਼ੁਭਾਸ ਸ਼ਰਮਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪਿਛਲੇ ਦਿਨੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 10 ਰੁਪਏ ਪ੍ਰਤੀ ਲੀਟਰ ਦੀ ਵੱਡੀ ਕਟੋਤੀ ਕਰਕੇ ਦੇਸ਼ ਦੀ ਜਨਤਾ ਨੂੰ ਮਹਿੰਗਾਈ ਤੋਂ ਰਾਹਤ ਦਿੱਤੀ ਸੀ,ਪਰ ਝੂਠ ਦੀ ਬੁਨਿਆਦ ਤੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਲੋਕਾਂ ਨੂੰ ਮਹਿੰਗਾਈ ਤੋ ਰਾਹਤ ਦੇਣ ਦੀ ਥਾਂ ਲੋਕਾਂ ਤੇ ਮਹਿੰਗਾਈ ਦਾ ਹੋਰ ਬੋਝ ਪਾ ਦਿੱਤਾ ਹੈ,ਜਿਸ ਨਾਲ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਲੋਕ ਵਿਰੋਧੀ ਚਿਹਰਾ ਸਭ ਦੇ ਸਾਹਮਣੇ ਆ ਚੁੱਕਾ ਹੈ ।ਉਹਨਾਂ ਕਿਹਾ ਪੰਜਾਬ ਦਾ ਬੱਚਾ ਬੱਚਾ ਇਸ ਸਰਕਾਰ ਤੋਂ ਦੁਖੀ ਹੈ ।ਸ਼ੁਭਾਸ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ਕਹਿਣੀ ਅਤੇ ਕਰਨੀ ਵਿੱਚ ਬਹੁਤ ਫਰਕ ਹੈ ।ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵਧਾਏ ਹੋਏ ਟੈਕਸ/ਸ਼ੈਸ਼ ਨੂੰ ਪੰਜਾਬ ਸਰਕਾਰ ਤੁਰੰਤ ਵਾਪਸ ਲਵੇ ।ਉਹਨਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਲੋਕ ਵਿਰੋਧੀ ਫੈਸਲੇ ਲੈਣੇ ਨਾ ਬੰਦ ਕੀਤੇ ਤਾਂ ਪੰਜਾਬ ਭਾਜਪਾ ਨੂੰ ਮਜਬੂਰਨ ਸੜਕਾਂ ਤੇ ਉਤਰਨਾ ਪਵੇਗਾ ।