ਚੰਡੀਗੜ੍ਹ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ।ਇਹ ਪ੍ਰਗਟਾਵਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਚੱਲ ਰਹੀ ਵਿਜੀਲੈਂਸ ਜਾਂਚ ਦੀ ਤਫਤੀਸ਼ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਤਹਿਤ ਵਿਜੀਲੈਂਸ ਬਿਊਰੋ ਰੇਂਜ ਦੇ ਪੁਲਿਸ ਥਾਣਾ ਮੋਹਾਲੀ ਵਿਖੇ ਮੁਕੱਦਮਾ ਦਰਜ ਕਰਕੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਹੋਰ ਵੇਰਵਿਆਂ ਦਿੰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਚੈਕਿੰਗ ਅਰਸਾ 01-03-2016 ਤੋਂ 31-03-2022 ਤੱਕ ਦੀ ਕੀਤੀ ਪੜਤਾਲ ਦੌਰਾਨ ਉਪਰੋਕਤ ਸਾਬਕਾ ਮੰਤਰੀ ਅਤੇ ਉਸ ਦੇ ਪਰਿਵਾਰ ਦੀ ਆਮਦਨ 2,37,12,596.48/- ਰੁਪਏ ਸੀ ਜਦਕਿ ਖਰਚਾ 8,76,30,888.87/- ਰੁਪਏ ਸੀ ਜੋ ਕਿ 6,39,18,292.39/- ਰੁਪਏ ਵੱਧ ਸੀ। ਭਾਵ ਉਸ ਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਨਾਲੋਂ 269 ਪ੍ਰਤੀਸ਼ਤ ਵੱਧ ਸੀ।
ਉਨ੍ਹਾਂ ਅੱਗੇ ਕਿਹਾ ਕਿ ਸਾਬਕਾ ਮੰਤਰੀ ਦੀ ਹੋਰ ਜਾਇਦਾਦ ਦਾ ਪਤਾ ਲਗਾਉਣ ਲਈ ਮਾਮਲੇ ਦੀ ਹੋਰ ਜਾਂਚ ਜਾਰੀ ਹੈ। ਉਸ ਨੂੰ ਭਲਕੇ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Leave a Reply

Your email address will not be published. Required fields are marked *