ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕੇਂਦਰ ਸਰਕਾਰ ਵੱਲੋਂ ਘਰੇਲੂ ਤੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਮਹਿੰਗਾਈ ਦੇ ਇਸ ਯੁੱਗ ਵਿਚ ਆਮ ਲੋਕਾਂ ਦਾ ਲੱਕ ਤੋੜਨ ਵਿੱਚ ਲੱਗੀ ਹੋਈ ਹੈ। ਜ਼ਿਕਰਯੋਗ ਹੈ ਕਿ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਹੋਇਆ ਹੈ ਜਦੋਂ ਕਿ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ ਸਾਢੇ ਤਿੰਨ ਸੌ ਰੁਪਏ ਦਾ ਵਾਧਾ ਹੋਇਆ ਹੈ। ਹੁਣ ਘਰੇਲੂ ਸਿਲੰਡਰ ਦੀ ਕੀਮਤ 1103 ਰੁਪਏ ਪ੍ਰਤੀ ਸਿਲੰਡਰ ਹੋਵੇਗੀ। ਵਧੀਆਂ ਕੀਮਤਾਂ ਨਾਲ ਇੱਕ ਵਾਰ ਫਿਰ ਤੋਂ ਆਮ ਲੋਕਾਂ ਨੂੰ ਆਪਣੀ ਜੇਬ ਢਿੱਲੀ ਕਰਨੀ ਪਵੇਗੀ।
ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਪਹਿਲਾਂ ਹੀ ਰੇਪੋ ਰੇਟ ਵਿਚ ਵਾਧਾ ਕਰਕੇ ਆਮ ਲੋਕਾਂ ਦੇ ਕਰਜ਼ੇ ਦਾ ਭਾਰ ਵਧਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਪ੍ਰਤੀ ਮਹੀਨਾ ਕਿਸ਼ਤ ਵੱਧ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਸਿਖਰ ਤੇ ਹੈ ਅਤੇ ਲੋਕਾਂ ਦੀਆਂ ਥਾਲੀਆਂ ਵਿਚੋਂ ਸਬਜ਼ੀਆਂ ਅਤੇ ਦਾਲਾਂ ਗਾਇਬ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ ਵਾਧਾ ਕਰਕੇ ਇੱਕ ਵਾਰ ਫਿਰ ਕੇਂਦਰ ਸਰਕਾਰ ਵੱਲੋਂ ਆਮ ਆਦਮੀ ਦੀ ਜੇਬ ‘ਤੇ ਡਾਕਾ ਮਾਰਿਆ ਜਾ ਰਿਹਾ ਹੈ। ਇਸਦੇ ਨਾਲ ਹੀ ਲਗਾਤਾਰ ਵਧਾਏ ਜਾ ਰਹੇ ਤੇਲ, ਗੈਸ ਦੀਆਂ ਕੀਮਤਾਂ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਨੋਟਬੰਦੀ, ਜੀਐਸਟੀ ਤੇ ਫਿਰ ਕਰੋਨ ਦੀ ਮਾਰ ਕਾਰਨ ਲੋਕਾਂ ਦੇ ਘਰ ਦਾ ਬਜਟ ਹਿੱਲ ਗਿਆ ਸੀ ਤੇ ਹੁਣ ਮੁੜ ਤੋਂ ਗੈਸ ਸਿਲੰਡਰ ਦੀ ਕੀਮਤ ਵਿੱਚ ਵਾਧਾ ਕਰ ਦਿੱਤਾ ਗਿਆ ਹੈ ਜੋ ਕਿ ਪੂਰੀ ਤਰ੍ਹਾਂ ਬੇਲੋੜੀਂਦਾ ਹੈ।
ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਸਿਖਰ ਤੇ ਹੈ ਅਤੇ ਤਨਖਾਹਾਂ ਘਟਦੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇਕ ਪ੍ਰਾਈਵੇਟ ਕੰਮ ਕਰਨ ਵਾਲੇ ਬੰਦੇ ਦੀ ਤਨਖਾਹ ਬਹੁਤ ਹੀ ਘੱਟ ਹੈ ਅਤੇ ਉਸ ਨੂੰ ਆਪਣੇ ਘਰ ਦਾ ਗੁਜ਼ਾਰਾ ਕਰਨਾ ਬਹੁਤ ਹੀ ਮੁਸ਼ਕਿਲ ਹੋਇਆ ਪਿਆ ਹੈ ਤੇ ਹੁਣ ਕੇਂਦਰ ਸਰਕਾਰ ਵੱਲੋਂ ਜਿਹੜਾ ਲਗਾਤਾਰ ਮਹਿੰਗਾਈ ‘ਚ ਵਾਧਾ ਕੀਤਾ ਜਾ ਰਿਹਾ ਹੈ ਇਸ ਨਾਲ ਆਮ ਆਦਮੀ ਦਾ ਜਿਉਣਾ ਮੁਸ਼ਕਿਲ ਹੋ ਚੁੱਕਾ ਹੈ।
ਉਨ੍ਹਾਂ ਮੰਗ ਕੀਤੀ ਕਿ ਕਿ ਕੇਂਦਰ ਸਰਕਾਰ ਨੂੰ ਇਹ ਵਧੀਆ ਕੀਮਤਾਂ ਨੂੰ ਵਾਪਸ ਲੈਣਾ ਚਾਹੀਦਾ ਹੈ ਤਾਂ ਜੋ ਆਮ ਆਦਮੀ ਦਾ ਇਹ ਬੋਝ ਘੱਟ ਸਕੇ।