ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਦੇ ਜਨ ਸਿਹਤ ਵਿਭਾਗ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਮੋਹਾਲੀ ਵਿਚ ਬਣਾਏ ਗਏ ਪੰਜ ਵਾਟਰ ਬੂਸਟਰ ਪਲਾਂਟ ਫੌਰੀ ਤੌਰ ਤੇ ਚਾਲੂ ਕਰਵਾਏ ਜਾਣ।

ਆਪਣੇ ਪੱਤਰ ਵਿੱਚ ਕੁਲਜੀਤ ਸਿੰਘ ਬੇਦੀ ਨੇ ਲਿਖਿਆ ਹੈ ਕਿ ਉਹਨਾਂ ਨੇ ਬੜੀ ਲੰਬੀ ਲੜਾਈ ਲੜ ਕੇ ਕਜੌਲੀ ਵਾਟਰ ਵਰਕਸ ਤੋਂ 60 ਐਮਜੀਡੀ ਨਹਿਰੀ ਪਾਣੀ ਦਿਵਾਉਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਵਾਸਤੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਾ ਪਿਆ ਪਰ ਮੁਹਾਲੀ ਦੇ ਲੋਕਾਂ ਨੂੰ ਪਾਣੀ ਦੀ ਆਉਂਦੀ ਤੰਗੀ ਨੂੰ ਵੇਖਦੇ ਹੋਏ ਉਨ੍ਹਾਂ ਨੇ ਇਸ ਤੋਂ ਵੀ ਗੁਰੇਜ਼ ਨਾ ਕੀਤਾ।

ਡਿਪਟੀ ਮੇਅਰ ਬੇਦੀ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਇਸ ਤੋਂ ਬਾਅਦ ਨਗਰ ਨਿਗਮ ਨੇ ਕਰੋੜਾਂ ਰੁਪਏ ਖਰਚ ਕੇ ਮੁਹਾਲੀ ਦੇ ਵੱਖ-ਵੱਖ ਇਲਾਕਿਆਂ ਵਿੱਚ ਪੰਜ ਵਾਟਰ ਬੂਸਟਰ ਪਲਾਂਟ ਬਣਾਏ ਜਿਹਨਾਂ ਵਿਚ ਲੱਖਾਂ ਲਿਟਰ ਪਾਣੀ ਸਟੋਰ ਕੀਤਾ ਜਾਂਦਾ ਹੈ ਅਤੇ ਇਸ ਨੂੰ ਅੱਗੇ ਬੂਸਟ ਕੀਤਾ ਜਾਂਦਾ ਹੈ ਪਰ ਬਦਕਿਸਮਤੀ ਦੀ ਗੱਲ ਇਹ ਹੈ ਕਿ ਇਹ ਪਲਾਂਟ ਚਾਲੂ ਹੀ ਨਹੀਂ ਹੋ ਸਕੇ ਕਿਉਂਕਿ ਇਨ੍ਹਾਂ ਪਲਾਂਟਾਂ ਨੂੰ ਚਲਾਉਣ ਵਾਸਤੇ ਕਰਮਚਾਰੀ ਨਹੀਂ ਹਨ।

ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਦੂਜੇ ਪਾਸੇ ਗਰਮੀਆਂ ਦਾ ਮੌਸਮ ਆਉਣ ਦੇ ਨਾਲ ਅਤੇ ਬਿਜਲੀ ਦੇ ਕੱਟਾਂ ਕਾਰਨ ਮੁਹਾਲੀ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਵਿਚ ਜਬਰਦਸਤ ਕਿੱਲਤ ਆਉਣੀ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਹਾਲੇ ਤਾਂ ਗਰਮੀਆਂ ਦੀ ਸ਼ੁਰੂਆਤ ਵਿੱਚ ਇਹ ਹਾਲ ਹੈ ਤਾਂ ਆਉਣ ਵਾਲੇ ਸਮੇਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਕੀ ਹਾਲ ਹੋਵੇਗਾ ਇਸਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ।

ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਹੈ ਪਰ ਕਰੋੜਾਂ ਰੁਪਏ ਖ਼ਰਚ ਕੇ ਬਣਾਏ ਗਏ ਇਹ ਬੂਸਟਰ ਪਲਾਂਟ ਬੰਦ ਪਏ ਹਨ ਅਤੇ ਲੋਕਾਂ ਨੂੰ ਕੋਈ ਸਹੂਲਤ ਹਾਸਲ ਨਹੀਂ ਹੋ ਰਹੀ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਪਲਾਂਟਾਂ ਵਿਚ ਫੌਰੀ ਤੌਰ ਤੇ ਕਰਮਚਾਰੀ ਲਗਾਏ ਜਾਣ ਅਤੇ ਇਹਨਾਂ ਨੂੰ ਚਾਲੂ ਕਰਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਪਾਣੀ ਦੀ ਸਪਲਾਈ ਵਿੱਚ ਕਿਸੇ ਤਰ੍ਹਾਂ ਦੀ ਕਿੱਲਤ ਨਾ ਆਵੇ।

ਇਸ ਦੇ ਨਾਲ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਇਹ ਵੀ ਮੰਗ ਕੀਤੀ ਹੈ ਕਿ ਇਨ੍ਹਾਂ ਪਲਾਂਟਾਂ ਨੂੰ ਬਿਜਲੀ ਦੀ ਹੌਟ ਲਾਈਨ ਸਪਲਾਈ ਦਿੱਤੀ ਜਾਵੇ ਤਾਂ ਜੋ ਆਮ ਤੌਰ ਤੇ ਬਿਜਲੀ ਜਾਣ ਦੀ ਸੂਰਤ ਵਿੱਚ ਇਹਨਾਂ ਪਲਾਂਟਾਂ ਤੋਂ ਹੋਣ ਵਾਲੀ ਪਾਣੀ ਦੀ ਸਪਲਾਈ ਵਿੱਚ ਕੋਈ ਰੁਕਾਵਟ ਨਾ ਆਵੇ ਅਤੇ ਲੋਕਾਂ ਨੂੰ ਪਾਣੀ ਦੀ ਕਿੱਲਤ ਮਹਿਸੂਸ ਨਾ ਹੋਵੇ।

ਇਸ ਪੱਤਰ ਦੀ ਕਾਪੀ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਜਨ ਸਿਹਤ ਵਿਭਾਗ ਦੇ ਸਕੱਤਰ ਅਤੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਵੀ ਭੇਜੀਆਂ ਹਨ ਤੇ ਇਸ ਸਬੰਧੀ ਫੌਰੀ ਤੌਰ ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Leave a Reply

Your email address will not be published. Required fields are marked *