
ਮੋਹਾਲੀ (ਮਨੀਸ਼ ਸ਼ੰਕਰ)ਭਾਰਤ ਨਿਊਜ਼ਲਾਈਨ:-ਸ਼ਹਿਰ ਵਿਚ ਸਫਾਈ ਵਿਵਸਥਾ ਨੂੰ ਲੈ ਕੇ ਲਗਾਤਾਰ ਗੰਭੀਰਤਾ ਦਿਖਾਉਂਦੇ ਹੋਏ ਮੋਹਾਲੀ ਨਗਰ ਨਿਗਮ ਦੇ ਨਵੇਂ ਟਿੱਪਰਾਂ ਦੀ ਖਰੀਦ ਕੀਤੀ ਹੈ। ਇਨ੍ਹਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਉਪਰੰਤ ਇਨ੍ਹਾਂ ਨੂੰ ਨਗਰ ਨਿਗਮ ਦੇ ਸੈਨੀਟੇਸ਼ਨ ਵਿਭਾਗ ਦੇ ਹਵਾਲੇ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ਤੇ ਮੁਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਕਮਿਸ਼ਨਰ ਨਵਜੋਤ ਕੌਰ ਹਾਜ਼ਰ ਸਨ।ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਮੁਹਾਲੀ ਵਿੱਚ ਕੂੜੇ ਦੀ ਸਾਂਭ ਸੰਭਾਲ ਲਈ ਨਗਰ ਨਿਗਮ ਕੋਲ ਮੌਜੂਦ ਟਿੱਪਰ ਪੁਰਾਣੇ ਹੋ ਚੁੱਕੇ ਸਨ ਇਸ ਕਰਕੇ ਪੰਜ ਨਵੇਂ ਟਿੱਪਰਾਂ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹਨਾਂ ਟਿੱਪਰਾਂ ਦੀ ਖਰੀਦ ਲਈ ਮੁਹਾਲੀ ਨਗਰ ਨਿਗਮ ਵੱਲੋਂ 1 ਕਰੋੜ 37 ਲੱਖ ਰੁਪਏ ਖਰਚ ਕੀਤੇ ਗਏ ਹਨ। ਇਸ ਤੋਂ ਪਹਿਲਾਂ ਸ਼ਹਿਰ ਵਿੱਚ ਮਕੈਨੀਕਲ ਸਫਾਈ ਵਾਸਤੇ ਵੀ 10 ਕਰੋੜ ਦੀ ਲਾਗਤ ਨਾਲ ਚਾਰ ਮਸ਼ੀਨਾਂ ਖਰੀਦਣ ਦੀ ਕਾਰਵਾਈ ਚਲ ਰਹੀ ਹੈ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਲਈ ਸ਼ਹਿਰ ਨੂੰ ਵੱਖ ਵੱਖ ਜੋਨਾਂ ਵਿੱਚ ਵੰਡਿਆ ਗਿਆ ਹੈ ਅਤੇ ਹਰੇਕ ਜੋਨ ਵਿਚ ਸੀਨੀਅਰ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨਰ ਨਵਜੋਤ ਕੌਰ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਸਫ਼ਾਈ ਪ੍ਰਤੀ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੇ ਹਨ।ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਵਿੱਚ ਵਿਕਾਸ ਕਾਰਜਾਂ ਨੂੰ ਲੈ ਕੇ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾ ਰਹੀ ਹੈ ਅਤੇ ਸਾਰੇ ਵਿਕਾਸ ਕਾਰਜ ਪੂਰੀ ਪਾਰਦਰਸ਼ਤਾ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਇਸੇ ਤਰ੍ਹਾਂ ਵਿਕਾਸ ਕਾਰਜ ਅੱਗੇ ਵੀ ਚਲਦੇ ਰਹਿਣਗੇ।ਇਸ ਮੌਕੇ ਜਾਇੰਟ ਕਮਿਸ਼ਨਰ ਕਿਰਨ ਸ਼ਰਮਾ, ਕੌਂਸਲਰ ਬਲਜੀਤ ਕੌਰ,ਕੌਂਸਲਰ ਰੁਪਿੰਦਰ ਕੌਰ ਰੀਨਾ, ਕੌਂਸਲਰ ਮੀਨਾ ਕੌਂਡਲ, ਕੌਂਸਲਰ ਕੁਲਜਿੰਦਰ ਕੌਰ ਬਾਛਲ ਹਾਜਰ ਸਨ।