
ਮੋਹਾਲੀ (ਮਨੀਸ਼ ਸ਼ੰਕਰ)ਭਾਰਤ ਨਿਊਜ਼ਲਾਈਨ-:ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਦੇ ਸੂਬਾ ਪ੍ਰਧਾਨ ਵਿਨੀਤ ਵਰਮਾਂ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਮਕਾਨ ਉਸਾਰੀ ਅਤੇ ਵਿਕਾਸ ਬਾਰੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਮਿਲ ਕੇ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਐਸ.ਏ.ਐਸ ਨਗਰ (ਮੋਹਾਲੀ) ਨੂੰ ਸ਼ਾਮਲ ਕਰਨ ਵਾਸਤੇ ਜ਼ੋਰ ਪਾਇਆ ਤਾਂ ਜੋ ਸ਼ਹਿਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਪ੍ਰਧਾਨ ਵਰਮਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਹਰਦੀਪ ਪੁਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ ਅਤੇ ਮੋਹਾਲੀ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਪ੍ਰਧਾਨ ਵਰਮਾਂ ਨੇ ਕਿਹਾ ਕਿ ਮਾਨ ਸਹਿਬ ਨੇ ਕੇਂਦਰੀ ਮੰਤਰੀ ਨੂੰ ਡਿਟੇਲ ਵਿੱਚ ਜਾਣੂ ਕਰਵਾਇਆ ਕਿ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਟ੍ਰਾਈ ਸਿਟੀ ਦਾ ਹਿੱਸਾ ਹੋਣ ਕਰਕੇ ਮੋਹਾਲੀ ਸ਼ਹਿਰ ਵਿਸ਼ੇਸ਼ ਮਹੱਤਵ ਰੱਖਦਾ ਹੈ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੇ ਜ਼ਿਆਦਾਤਰ ਵਿਭਾਗਾਂ ਦੇ ਮੁੱਖ ਦਫ਼ਤਰ ਵੀ ਇਸੇ ਸ਼ਹਿਰ ਵਿੱਚ ਹਨ, ਜਿਸ ਕਾਰਨ ਇਸ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣਾ ਲਾਜ਼ਮੀ ਹੈ।
ਪ੍ਰਧਾਨ ਵਰਮਾਂ ਨੇ ਕਿਹਾ ਕਿ ਇਸ ਸ਼ਹਿਰ ਨੂੰ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਸ਼ਾਮਲ ਕਰਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਇਸ ਦੇ ਸਰਬਪੱਖੀ ਅਤੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।ਇਸ ਖੇਤਰ ਨੂੰ ਯੋਜਨਾਬੱਧ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਿਸ਼ੇਸ਼ ਫੰਡਾਂ ਦੀ ਲੋੜ ਹੈ। ਪ੍ਰਧਾਨ ਵਰਮਾ ਨੇ ਕਿਹਾ ਕਿ ਅਗਰ ਮੋਹਾਲੀ ਦਾ ਨਾਮ ਸਮਰਾਟ ਸਿਟੀ ਪ੍ਰਾਜੈਕਟ ਵਿੱਚ ਆ ਜਾਂਦਾ ਹੈ ਤਾਂ ਮੋਹਾਲੀ ਕਾਇਆ ਕਲਪ ਹੋ ਜਾਵੇਗੀ ਤੇ ਇੱਥੋਂ ਦੇ ਵਸਨੀਕ ਲੋਕ ਹੋਰ ਖੁਸ਼ਹਾਲ ਹੋ ਜਾਣਗੇ। ਵਿਨੀਤ ਵਰਮਾਂ ਨੇ ਕਿਹਾ ਕਿ ਮੋਹਾਲੀ ਦੇ ਸਮਰਾਟ ਸਿਟੀ ਪ੍ਰਾਜੈਕਟ ਵਿੱਚ ਆਉਣ ਨਾਲ ਵਿਰੋਧੀਆਂ ਨੂੰ ਵੀ ਬਹੁਤ ਲਾਭ ਹੋਣਾ ਹੈ ਜਿਸ ਕਰਕੇ ਇਸ ਉਪਰਾਲੇ ਲਈ ਵਿਰੋਧੀ ਵੀ ਮੁੱਖ ਮੰਤਰੀ ਦੀ ਸ਼ਲਾਘਾ ਕਰਦੇ ਹਨ।