ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕੀਤੀ ਹੈ ਕਿ ਪੰਜਾਬ ਵਿੱਚ ਆਏ ਹੜ੍ਹ ਕਾਰਨ ਵੱਡੇ ਪੱਧਰ ਤੇ ਲੋਕਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਕੇਂਦਰ ਸਰਕਾਰ ਦੇ ਅੱਗੇ ਹੱਥ ਅੱਡਣ ਦੀ ਥਾਂ ਇਸ਼ਤਿਹਾਰਬਾਜ਼ੀ ਵਜੋਂ ਖਰਚੇ ਜਾਣ 750 ਕਰੋੜ ਰੁਪਏ ਵਰਤੇ ਜਾਣ।
ਡਿਪਟੀ ਮੇਅਰ ਨੇ ਕਿਹਾ ਕਿ ਇਸ ਵੇਲੇ ਪੰਜਾਬ ਦੇ ਲੋਕਾਂ ਨੂੰ ਫੌਰੀ ਤੌਰ ਤੇ ਰਾਹਤ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹੜਾਂ ਨੇ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਜੇਕਰ ਕੋਈ ਐਡਵਰਟਾਈਜ਼ਮੈਂਟ ਦੀ ਲੋੜ ਹੈ ਤਾਂ ਲੋਕਾਂ ਦੀ ਮੌਜੂਦਾ ਸਮੇਂ ਕੀਤੀ ਜਾਣ ਵਾਲੀ ਲੋੜੀਂਦੀ ਮੱਦਦ ਤੋਂ ਵੱਧ ਕੋਈ ਹੋਰ ਐਡਵਰਟਾਈਜ਼ਮੈਂਟ ਨਹੀਂ ਹੋ ਸਕਦੀ।
ਉਹਨਾਂ ਕਿਹਾ ਕਿ ਮੌਜੂਦਾ ਸਮੇਂ ਸਪੱਸ਼ਟ ਤੌਰ ਤੇ ਨਜ਼ਰ ਆਉਂਦਾ ਹੈ ਕਿ ਪੰਜਾਬ ਸਰਕਾਰ ਹੜ੍ਹਾਂ ਨਾਲ ਝੰਬੇ ਲੋਕਾਂ ਦੀ ਮਦਦ ਵਿਚ ਪੂਰੀ ਤਰ੍ਹਾਂ ਫੇਲ ਸਾਬਿਤ ਹੋਈ ਹੈ। ਉਹਨਾਂ ਕਿਹਾ ਕਿ ਧੰਨ ਹਨ ਪੰਜਾਬ ਦੇ ਲੋਕ ਜਿਨ੍ਹਾਂ ਨੇ ਖੁਦ ਇੱਕ ਦੂਜੇ ਦੀ ਮਦਦ ਕੀਤੀ ਹੈ ਅਤੇ ਹੜਾਂ ਦੇ ਇਸ ਦੌਰ ਵਿਚ ਲੋੜਵੰਦਾਂ ਦੀ ਬਾਂਹ ਫੜੀ ਹੈ। ਉਨ੍ਹਾਂ ਇਸ ਮੌਕੇ ਵਿਸ਼ੇਸ਼ ਤੌਰ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਹੜ੍ਹ ਪੀੜਤਾਂ ਲਈ ਲੰਗਰ ਦੀ ਸੇਵਾ ਕੀਤੀ।
ਉਹਨਾਂ ਮੁੜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਬੇਨਤੀ ਕੀਤੀ ਕਿ ਪੰਜਾਬ ਸਰਕਾਰ ਇਸ਼ਤਿਹਾਰਬਾਜ਼ੀ ਉੱਤੇ ਪੈਸੇ ਬਰਬਾਦ ਕਰਨ ਦੀ ਥਾਂ ਸੁਹਿਰਦ ਹੋ ਕੇ ਹੜ ਪੀੜਤਾਂ ਦੀ ਫੌਰੀ ਤੌਰ ਤੇ ਮਦਦ ਕਰੇ ਤਾਂ ਜੋ ਹਰ ਪੱਖੋਂ ਉਜੜ ਚੁੱਕੇ ਹੜ੍ਹ ਪੀੜਤਾਂ ਦੇ ਜ਼ਖਮਾਂ ਤੇ ਮਲ੍ਹਮ ਲੱਗ ਸਕੇ।