ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ: ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਨਗਰ ਨਿਗਮ ਮੋਹਾਲੀ ਦੇ ਕੌਂਸਲਰਾਂ ਨਾਲ ਮੀਟਿੰਗ ਕਰਕੇ ਸ਼ਹਿਰ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਸੰਸਦ ਮੈਂਬਰ ਤਿਵਾੜੀ ਨੇ ਮੀਟਿੰਗ ਵਿੱਚ ਕੌਂਸਲਰਾਂ ਵੱਲੋਂ ਉਠਾਏ ਮੁੱਦਿਆਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਦਾ ਭਰੋਸਾ ਦਿੱਤਾ।
ਕੌਂਸਲਰਾਂ ਨੇ ਸੰਸਦ ਮੈਂਬਰ ਤਿਵਾੜੀ ਨੂੰ ਦੱਸਿਆ ਕਿ ਗਮਾਡਾ ਵੱਲੋਂ ਫੇਜ਼ 76 ਤੋਂ 80 ਤੱਕ ਲੋਕਾਂ ਨੂੰ ਅਲਾਟ ਕੀਤੀਆਂ ਜ਼ਮੀਨਾਂ ਦੇ ਰੇਟ ਸੋਧ ਕੇ ਵਧਾ ਦਿੱਤੇ ਗਏ ਹਨ ਅਤੇ ਹੁਣ ਬਕਾਏ ਕਲੀਅਰ ਕਰਨ ਲਈ ਨੋਟਿਸ ਭੇਜੇ ਜਾ ਰਹੇ ਹਨ। ਇਸ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਹੈ, ਜਿਨ੍ਹਾਂ ਨੇ ਬੜੀ ਮੁਸ਼ਕਲ ਨਾਲ ਇਹ ਜ਼ਮੀਨਾਂ ਖਰੀਦੀਆਂ ਹਨ। ਉਨ੍ਹਾਂ ਮੀਟਿੰਗ ਵਿੱਚ ਫੇਜ਼ 9, 10 ਅਤੇ 11 ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਮੁੱਦਾ ਵੀ ਉਠਾਇਆ। ਇਸੇ ਤਰ੍ਹਾਂ, ਪਿਛਲੇ ਦਿਨੀਂ ਪਏ ਭਾਰੀ ਮੀਂਹ ਕਾਰਨ ਪਾਣੀ ਭਰਨ ਕਰਕੇ ਹੋਏ ਭਾਰੀ ਨੁਕਸਾਨ ’ਤੇ ਵੀ ਚਿੰਤਾ ਪ੍ਰਗਟਾਈ ਗਈ ਅਤੇ ਭਵਿੱਖ ਵਿੱਚ ਅਜਿਹੇ ਹਾਲਾਤਾਂ ਤੋਂ ਬਚਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਇਸ ਤੋਂ ਇਲਾਵਾ, ਸ਼ਹਿਰ ਦੇ ਵਿਕਾਸ ਨਾਲ ਸਬੰਧਤ ਹੋਰ ਵਿਸ਼ਿਆਂ ’ਤੇ ਵੀ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।
ਜਿਸ ‘ਤੇ ਸਾਂਸਦ ਤਿਵਾੜੀ ਨੇ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਲੋਕਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਹੈ। ਇਸ ਲੜੀ ਤਹਿਤ ਨਾ ਸਿਰਫ਼ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ, ਸਗੋਂ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਜਿੱਥੇ ਹੋਰਨਾਂ ਤੋਂ ਇਲਾਵਾ, ਕੌਂਸਲਰ ਰਿਸ਼ਵ ਜੈਨ, ਜਸਪ੍ਰੀਤ ਸਿੰਘ ਗਿੱਲ, ਕੁਲਵੰਤ ਸਿੰਘ ਕਲੇਰ, ਨਰਿੰਦਰ ਸਿੰਘ ਰੰਗੀ, ਸ੍ਰੀਮਤੀ ਰਾਜ ਰਾਣੀ, ਜਸਬੀਰ ਸਿੰਘ ਮਣਕੂ, ਸ੍ਰੀਮਤੀ ਜਤਿੰਦਰ ਕੋਰ, ਚਰਨ ਸਿੰਘ, ਪ੍ਰਮੋਦ ਮਿੱਤਰ, ਹਰਜੀਤ ਸਿੰਘ ਬੈਦਵਾਨ, ਸੁੱਚਾ ਸਿੰਘ ਕਲੋਰ, Baljeet kaur,ਕੁਲਜਿੰਦਰ ਸਿੰਘ, ਨਵਜੋਤ ਸਿੰਘ ਬਚਲ ਵੀ ਹਾਜ਼ਰ ਸਨ।

Leave a Reply

Your email address will not be published. Required fields are marked *