ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਸ਼ਮੀਰ ਦੇ ਪੁੰਛ ਖੇਤਰ ਵਿੱਚ ਕੁਝ ਸਮਾਂ ਪਹਿਲਾਂ ਅਗਨੀ ਵੀਰ ਵਜੋਂ ਭਰਤੀ ਹੋਏ ਪੰਜਾਬ ਦੇ 19 ਸਾਲ ਦੇ ਅੰਮ੍ਰਿਤਪਾਲ ਸਿੰਘ ਦੀ ਹੋਈ ਮੌਤ ਤੋਂ ਬਾਅਦ ਉਸਨੂੰ ਗਾਰਡ ਆਫ ਓਨਰ ਨਾ ਦੇਣ ਅਤੇ ਸ਼ਹੀਦ ਦਾ ਦਰਜਾ ਨਾ ਦੇਣ ਤੇ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ ਜੇਕਰ ਅਗਨੀ ਵੀਰ ਨੂੰ ਸ਼ਹੀਦ ਦਾ ਦਰਜਾ ਨਹੀਂ ਦੇਣਾ ਤਾਂ ਸਰਹੱਦ ਤੇ ਉਹਨਾਂ ਦੀ ਤੈਨਾਤੀ ਕਿਉਂ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਆਪਣੀ ਯੂਨਿਟ ਵਿੱਚ ਗੋਲੀ ਨਾਲ ਜ਼ਖਮੀ ਹਾਲਤ ਵਿੱਚ ਮਿਲਿਆ ਸੀ। ਅੰਮ੍ਰਿਤਪਾਲ ਸਿੰਘ ਦੇ ਸਿਰ ਵਿੱਚ ਗੋਲੀ ਲੱਗੀ ਹੋਈ ਸੀ। ਉਸ ਦੇ ਪਿਤਾ ਨੇ ਆਪਣੇ ਪੁੱਤਰ ਦੀ ਮੌਤ ਦੀ ਜਾਂਚ ਦੀ ਮੰਗ ਕੀਤੀ ਹੈ। ਅੰਮ੍ਰਿਤਪਾਲ ਸਿੰਘ ਦਾ ਅੰਤਿਮ ਸੰਸਕਾਰ 13 ਅਕਤੂਬਰ ਨੂੰ ਉਸਦੇ ਜੱਦੀ ਪਿੰਡ ਵਿੱਚ ਕੀਤਾ ਗਿਆ। ਅੰਮ੍ਰਿਤਪਾਲ ਸਿੰਘ ਨੂੰ 20 ਸਤੰਬਰ ਨੂੰ ਪੁੰਛ ਸੈਕਟਰ ਵਿੱਚ ਜੰਮੂ-ਕਸ਼ਮੀਰ ਰਾਈਫਲਜ਼ ਬਟਾਲੀਅਨ ਵਿੱਚ ਭਰਤੀ ਕੀਤਾ ਗਿਆ ਸੀ। ਉਸਨੇ ਛੁੱਟੀ ਉੱਤੇ 24 ਅਕਤੂਬਰ ਨੂੰ ਵਾਪਸ ਘਰ ਆਉਣਾ ਸੀ।

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਉਹਨਾਂ ਨੇ ਅਗਨੀਵੀਰ ਸਕੀਮ ਲਿਆਂਦੇ ਜਾਣ ਸਮੇਂ ਵੀ ਇਸ ਦੀ ਨਿਖੇਧੀ ਕਰਦੇ ਇਸਨੂੰ ਵਾਪਸ ਲੈਣ ਦੀ ਮੰਗ ਕੀਤੀ ਸੀ। ਉਹਨਾਂ ਕਿਹਾ ਕਿ ਇਸ ਤੋਂ ਵੱਡੀ ਮੰਦਭਾਗੀ ਗੱਲ ਕੋਈ ਨਹੀਂ ਹੋ ਸਕਦੀ ਕਿ ਇੱਕ ਫੌਜੀ ਜਵਾਨ ਦਾ ਸਸਕਾਰ ਬਿਨਾਂ ਗਾਰਡ ਆਫ ਆਨਰ ਤੋਂ ਕੀਤਾ ਗਿਆ ਅਤੇ ਉਸ ਦੀ ਮ੍ਰਿਤਕ ਦੇਹ ਨੂੰ ਵੀ ਇੱਕ ਨਿੱਜੀ ਐਬੂਲੈਂਸ ਵਿੱਚ ਉਸਦੇ ਜੱਦੀ ਪਿੰਡ ਲਿਆਂਦਾ ਗਿਆ।

ਉਹਨਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਇਹ ਸਭ ਤੋਂ ਘਟੀਆ ਸਕੀਮ ਕੇਂਦਰ ਸਰਕਾਰ ਵੱਲੋਂ ਲਿਆਂਦੀ ਗਈ ਹੈ। ਉਹਨਾਂ ਰੱਖਿਆ ਮੰਤਰੀ ਤੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਇਸ ਨੌਜਵਾਨ ਨੂੰ ਸ਼ਹੀਦ ਦਾ ਦਰਜਾ ਦੇਵੇ ਅਤੇ ਪਰਿਵਾਰ ਨੂੰ ਸਾਰੀਆਂ ਸਹੂਲਤਾਂ ਪ੍ਰਦਾਨ ਕਰੇ।

Leave a Reply

Your email address will not be published. Required fields are marked *