ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਹਰ ਸਾਲ ਦੀ ਤਰ੍ਹਾਂ ਇਸ ਵਾਰ ਫੇਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੈਕਟਰ 71 ਦੇ ਕਮਿਊਨਿਟੀ ਸੈਂਟਰ ਵਿਖੇ ਟੂਗੈਦਰਜ਼ ਫਾਰ ਅਦਰਜ਼ ਵੱਲੋਂ ਸਾਲਾਨਾ ਖੂਨਦਾਨ ਕੈਂਪ ਲਗਾਇਆ ਗਿਆ। ਆਈਟੀ ਐਸੋਸੀਏਸ਼ਨ ਫੇਜ਼ 8ਏ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਢੀਂਡਸਾ(ਮੋਹਾਲੀ ਇਲੈਕਟ੍ਰੀਕਲ) ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ ਵਿੱਚ ਪੀਜੀਆਈ ਅਤੇ ਸੋਹਾਣਾ ਹਸਪਤਾਲ ਤੋਂ ਬਲੱਡ ਬੈਂਕ ਦੀ ਟੀਮ ਵੱਲੋਂ 230 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ। ਇਸ ਮੌਕੇ ਢੀਂਡਸਾ ਨੇ ਦੱਸਿਆ ਕਿ ਕੈਂਪ ਵਿੱਚ ਖੂਨਦਾਨ ਕਰਨ ਵਾਲੇ ਖੂਨਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਕੈਂਪ ਵਿੱਚ ‘ਆਪ’ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਇੰਚਾਰਜ ਮਾਲਵਿੰਦਰ ਸਿੰਘ ਕੰਗ, ‘ਆਪ’ ਵਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਵਿਨੀਤ ਵਰਮਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਗਾਇਕ ਕੇ.ਵੀ ਸਮੇਤ ਸ਼ਹਿਰ ਦੀਆਂ ਕਈ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।